SNE NETWORK.TARN TARAN.
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਤਰਨਤਾਰਨ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਆਪਰੇਸ਼ਨ ਈਗਲ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਪੁਲਿਸ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੀ ਟੀਮ ਨੇ ਇੱਕ ਦਰਜਨ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ ਸਰਹੱਦ ਨਾਲ ਲੱਗਦੇ ਪਿੰਡ ਸਰਾਏ ਅਮਾਨਤ ਖਾਂ ਤੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਹੋਈ।
ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਜੇ ਮਲੂਜਾ ਅਤੇ ਐਸਐਸਪੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 700 ਪੁਲਿਸ ਮੁਲਾਜ਼ਮਾਂ ਦੀ ਵੱਡੀ ਟੀਮ ਨੇ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ। ਡੀਆਈਜੀ ਫ਼ਿਰੋਜ਼ਪੁਰ ਰੇਂਜ ਅਜੈ ਮਲੂਜਾ ਅਤੇ ਐਸਐਸਪੀ ਅਸ਼ਵਨੀ ਕਪੂਰ ਨੇ ਸਮੱਗਲਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੀ ਵਿਕਰੀ ਬੰਦ ਕਰਨ ਨਹੀਂ ਤਾਂ ਜੇਲ੍ਹ ਜਾਣ ਦੀ ਤਿਆਰੀ ਕਰ ਲੈਣ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਏ ਅਤੇ ਬੀ ਸ਼੍ਰੇਣੀ ਦੇ ਤਸਕਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ |
ਡੀਆਈਜੀ ਨੇ ਦੱਸਿਆ ਕਿ ਤਰਨਤਾਰਨ ਦੇ ਸਰਹੱਦੀ ਪਿੰਡ ਸਰਾਏਂ ਅਮਾਨਤ ਖਾਂ, ਮੁਰਾਦਪੁਰਾ ਮੁਹੱਲਾ, ਨੂਰਦੀ ਸਮੇਤ ਇੱਕ ਦਰਜਨ ਇਲਾਕਿਆਂ ਵਿੱਚ ਤਲਾਸ਼ੀ ਲਈ ਗਈ ਹੈ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਸਰਹੱਦ ਪਾਰੋਂ ਆਉਣ ਵਾਲੀ 50 ਕਿਲੋ ਹੈਰੋਇਨ ਅਤੇ 90 ਦੇ ਕਰੀਬ ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ 250 ਦੇ ਕਰੀਬ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।